2002 Gujarat riots: ਨਵੀਂ ਦਿੱਲੀ: ਸੁਪਰੀਮ ਕੋਰਟ ‘ਚ ਸਾਲ 2002 ‘ਚ ਹੋਏ ਗੁਜਰਾਤ ਦੰਗਿਆਂ ਦੇ ਮਾਮਲੇ ‘ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਖਿਲਾਫ ਸੁਣਵਾਈ ਹੋਈ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਕਲੀਨ ਚਿੱਟ ਦੇ ਖਿਲਾਫ ਦਾਇਰ ਪਟੀਸ਼ਨ ‘ਤੇ ਉਹ 4 ਹਫਤਿਆਂ ਬਾਅਦ ਸੁਣਵਾਈ ਕਰੇਗੀ। ਮਾਮਲੇ ‘ਚ ਐੱਸ.ਆਈ.ਟੀ. ਵੱਲੋਂ ਮੋਦੀ ਨੂੰ ਕਲੀਨ ਚਿਟ ਦਿੱਤੀ ਗਈ ਸੀ, ਜਿਸ ਦੇ ਖਿਲਾਫ ਜਕੀਆ ਜਾਫਰੀ ਨੇ ਪਟੀਸ਼ਨ ਦਾਇਰ ਕੀਤੀ ਹੈ।

ਦੰਗਿਆਂ ਦੌਰਾਨ ਭਿਆਨਕ ਘਟਨਾਵਾਂ ‘ਚੋਂ ਇਕ ਘਟਨਾ ‘ਚ ਮਾਰੇ ਗਏ ਸਾਬਕਾ ਸੰਸਦ ਮੈਂਬਰ ਅਹਿਸਾਨ ਜਾਫਰੀ ਦੀ ਪਤਨੀ ਜਕੀਆ ਜਾਫਰੀ ਨੇ ਗੁਜਰਾਤ ਹਾਈ ਕੋਰਟ ਦੇ 5 ਅਕਤੂਬਰ 2017 ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਇਸ ਆਦੇਸ਼ ‘ਚ ਐੱਸ.ਆਈ.ਟੀ. ਦੇ ਫੈਸਲੇ ਦੇ ਖਿਲਾਫ ਦਾਇਰ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਹ ਮਾਮਲਾ ਸੁਣਵਾਈ ਲਈ ਜੱਜ ਏ.ਐੱਮ. ਖਾਨਵਿਲਕਰ ਅਤੇ ਜਸਟਿਸ ਅਜੇ ਰਸਤੋਗੀ ਦੀ ਬੈਂਚ ਦੇ ਸਾਹਮਣੇ ਆਇਆ ਸੀ। ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਨ੍ਹਾਂ ਨੇ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਬੈਂਚ ਨੇ ਕਿਹਾ, ਤੁਸੀਂ 4 ਹਫਤੇ ਮੰਗ ਰਹੇ ਹੋ ਅਤੇ ਅਸੀਂ ਤੁਹਾਨੂੰ 4 ਹਫਤੇ ਦਿੰਦੇ ਹਾਂ। ਮਾਮਲੇ ਨੂੰ 4 ਹਫਤਿਆਂ ਬਾਅਦ ਸੂਚੀਬੱਧ ਕਰਨਾ।
