ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੁਖਰਜੀ ਨਗਰ ਵਿੱਚ ਇੱਕ ਸਿੱਖ ਵਿਅਕਤੀ ਦੀ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੇ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਦਿੱਲੀ ਪੁਲਿਸ ਦੇ ਕਮਿਸ਼ਨਰ ਤੋਂ ਰਿਪੋਰਟ ਮੰਗੀ ਗਈ ਹੈ । ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵਲੋਂ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ । ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਪਹਿਲੀ ਐਫਆਈਆਰ ਪੀੜਤ ਸਰਬਜੀਤ ਸਿੰਘ ਖਿਲਾਫ਼ ਤੇ ਦੂਜੀ ਸਰਬਜੀਤ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਮੁਲਾਜ਼ਮਾਂ ਖਿਲਾਫ ਦਰਜ ਕੀਤੀ ਗਈ ਹੈ ।

ਦਰਅਸਲ, ਇਸ ਕੁੱਟਮਾਰ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪੀ ਗਈ ਹੈ । ਜੋ ਇਸ ਪੂਰੇ ਮਾਮਲੇ ਵਿੱਚ ਪੁਲਿਸ ਕਰਮੀਆਂ ਦੇ ਰਵੱਈਏ ਦੀ ਵੀ ਜਾਂਚ ਕਰਨਗੇ । ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਵਿੱਚ ਪੁਲਿਸ ਕਰਮੀਆਂ ਦੇ ਰਵੱਈਏ ਨੂੰ ਗਲਤ ਪਾਇਆ ਗਿਆ ਸੀ । ਜਿਸ ਕਾਰਨ ਤਿੰਨਾਂ ਪੁਲਿਸ ਵਾਲਿਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ।

ਕ੍ਰਾਈਮ ਬ੍ਰਾਂਚ ਵੱਲੋਂ ਇਸ ਮਾਮਲੇ ਨਾਲ ਜੁੜੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਸੋਮਵਾਰ ਨੂੰ ਡਰਾਈਵਰ ਸਰਬਜੀਤ ਸਿੰਘ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ । ਜਿਸਦੇ ਬਾਅਦ ਸਰਬਜੀਤ ਦੀ ਕੁੱਟਮਾਰ ਦੇ ਵਿਰੋਧ ਵਿੱਚ ਸਿੱਖਾਂ ਵੱਲੋਂ ਮੁਖਰਜੀ ਨਗਰ ਥਾਣੇ ਦਾ ਘਿਰਾਓ ਵੀ ਕੀਤਾ ਗਿਆ ਸੀ । ਇਸ ਵਿੱਚ ਪੁਲਿਸ ਤੇ ਨੇਤਾਵਾਂ ਵਿੱਚ ਆਪਸੀ ਝੜਪ ਵੀ ਹੋਈ । ਜਿਸਦੇ ਬਾਅਦ ਲੋਕਾਂ ਨੇ ਇਸ ਮਾਮਲੇ ਵਿੱਚ ਪੁਲਿਸ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ।