Ludhiana House Robbery : ਲੁਧਿਆਣਾ : ਸੂਬੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ । ਚੋਰੀ ਦਾ ਇੱਕ ਮਾਮਲਾ ਲੁਧਿਆਣਾ ਦੇ ਪਿੰਡ ਦੁਗਰੀ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਇਆ । ਇਸ ਵਾਰਦਾਤ ਵਿੱਚ ਚੋਰ ਸਵਾ ਲੱਖ ਰੁਪਏ ਦੀ ਨਕਦੀ ਤੇ ਸਵਾ ਲੱਖ ਦੀ ਕੀਮਤ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਵਾਰਦਾਤ ਦੀ ਘਰ ਦੇ ਮਾਲਕ ਸੁਨੀਲ ਕੁਮਾਰ ਜਾਂਚ ਪੜਤਾਲ ਕੀਤੀ ਤਾਂ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਕੋਈ ਹੋਰ ਨਹੀਂ ਬਲਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿਣ ਵਾਲਾ ਇੱਕ ਨੌਜਵਾਨ ਹੈ ।

ਇਸ ਮਾਮਲੇ ਵਿੱਚ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਇੱਕ ਆਈਲੈਟਸ ਕੰਪਨੀ ਵਿੱਚ ਨੌਕਰੀ ਕਰਦਾ ਹੈ । ਉਸਨੇ ਦੱਸਿਆ ਕਿ ਉਸ ਦੀ ਪਤਨੀ ਵੀ ਪ੍ਰਾਈਵੇਟ ਨੌਕਰੀ ਕਰਦੀ ਹੈ । ਉਸਨੇ ਦੱਸਿਆ ਕਿ ਉਹ ਦੋਨੋਂ ਬੱਚਿਆਂ ਨੂੰ ਸਕੂਲ ਛੱਡ ਕੇ ਆਪਣੇ ਕੰਮਾਂ ‘ਤੇ ਚਲੇ ਜਾਂਦੇ ਹਨ ।

ਇਸ ਮਾਮਲੇ ਵਿੱਚ ਥਾਣਾ ਦੁੱਗਰੀ ਦੀ ਪੁਲਿਸ ਨੇ ਸੁਨੀਲ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਉਨ੍ਹਾਂ ਦੇ ਗੁਆਂਢ ਵਿੱਚ ਰਹਿਣ ਵਾਲੇ ਨੌਜਵਾਨ ਬਲਕਾਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।

ਇਸ ਵਿੱਚ ਹੋਰ ਜਾਣਕਾਰੀ ਦਿੰਦਿਆਂ ਸੁਨੀਲ ਨੇ ਦੱਸਿਆ ਕਿ ਉਸਨੂੰ ਦੁਪਹਿਰੇ ਉਸਦੇ ਗੁਆਂਢੀ ਦਾ ਫੋਨ ਆਇਆ ਕਿ ਕੋਈ ਵਿਅਕਤੀ ਉਨ੍ਹਾਂ ਦੇ ਘਰ ਦੀ ਛੱਤ ‘ਤੇ ਮੌਜੂਦ ਹੈ । ਜਿਸਦੇ ਬਾਅਦ ਜਦੋਂ ਸੁਨੀਲ ਨੇ ਘਰ ਜਾ ਕੇ ਦੇਖਿਆ ਤਾਂ ਕਮਰਿਆਂ ਵਿੱਚ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ ਤੇ ਅਲਮਾਰੀਆਂ ਵਿਚੋਂ ਗਹਿਣੇ ਤੇ ਨਕਦੀ ਗਾਇਬ ਸੀ । ਜਦੋਂ ਇਸ ਸਭ ਬਾਰੇ ਸੁਨੀਲ ਨੇ ਗੁਆਂਢੀਆਂ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੂੰ ਪਤਾ ਲੱਗਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਉਨ੍ਹਾਂ ਦੇ ਗੁਆਂਢ ਵਿੱਚ ਰਹਿਣ ਵਾਲਾ ਬਲਕਾਰ ਹੈ । ਹੁਣ ਇਸ ਮਾਮਲੇ ਵਿੱਚ ਪੁਲਿਸ ਬਲਕਾਰ ਦੀ ਤਲਾਸ਼ ਕਰ ਰਹੀ ਹੈ ।