Punjab Govt Decide after fatehveer singh: ਚੰਡੀਗੜ੍ਹ: ਬੀਤੇ ਦਿਨੀਂ ਸੰਗਰੂਰ ਵਿੱਚ ਦੋ ਸਾਲ ਦੇ ਬੱਚੇ ਫ਼ਤਹਿਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਨਾਮ-ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ਫਤਿਹਵੀਰ ਸਿੰਘ ਦੇ ਨਾਂ ਤੇ ਰੱਖਣ ਦੀ ਅਪੀਲ ਮਨਜ਼ੂਰ ਕਰ ਲਈ ਹੈ । ਇਸ ਸੜਕ ਦੀ ਲੰਬਾਈ 11.83 ਕਿਮੀ ਹੈ।

ਸਰਕਾਰ ਵੱਲੋਂ ਇਹ ਫੈਸਲਾ ਭਗਵਾਨਪੁਰਾ ਤਹਿਸੀਲ ਤੇ ਜ਼ਿਲ੍ਹਾ ਸੰਗਰੂਰ ਦੇ ਲੋਕਾਂ ਦੀ ਅਪੀਲ ਤੋਂ ਬਾਅਦ ਲਿਆ ਗਿਆ ਹੈ । ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਵਿਛੜੀ ਨਿੱਕੀ ਰੂਹ ਨੂੰ ਸਤਿਕਾਰ ਦੇਣ ਦੇ ਰੂਪ ਵਿੱਚ ਸੂਬਾ ਸਰਕਾਰ ਵੱਲੋਂ ਇਸ ਵਿੱਚ ਸਹਿਮਤੀ ਪ੍ਰਗਟਾਈ ਗਈ ਹੈ । ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਇਸ ਸਬੰਧੀ ਲਿਖਤੀ ਬੇਨਤੀ ਡਿਪਟੀ ਕਮਿਸ਼ਨਰ, ਸੰਗਰੂਰ ਰਾਹੀਂ ਸੂਬਾ ਸਰਕਾਰ ਪਾਸ ਪਹੁੰਚੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ । ਇਸ ਮਾਮਲੇ ਵਿੱਚ ਵਿਜੇ ਇੰਦਰ ਸਿੰਗਲਾ, PDW ਮੰਤਰੀ ਘਨਸ਼ਾਮ ਥੋਰੀ, ਡਿਪਟੀ ਕਮਿਸ਼ਨਰ ਸੰਗਰੂਰ ਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਹੈ ।

ਦੱਸ ਦੇਈਏ ਕਿ ਪਿੰਡ ਭਗਵਾਨਪੁਰਾ ਵਿੱਚ 2 ਸਾਲਾ ਮਾਸੂਮ ਫ਼ਤਿਹਵੀਰ ਸਿੰਘ ਖੇਡਦਾ ਹੋਇਆ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਸੀ, ਜਿਸ ਕਰਕੇ ਉਸ ਦੀ ਮੌਤ ਹੋ ਗਈ ਸੀ । ਇਸ ਘਟਨਾ ਤੋਂ ਬਾਅਦ ਸਰਕਾਰ ਤੇ ਪ੍ਰਸ਼ਾਸਨ ‘ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਸਨ । ਫਤਿਹਵੀਰ ਦੀ ਮੌਤ ਤੋਂ ਬਾਅਦ ਭੜਕੇ ਹੋਏ ਪੂਰੇ ਪੰਜਾਬ ਦੇ ਲੋਕਾਂ ਨੇ ਸਰਕਾਰ ਖਿਲਾਫ਼ ਖੂਬ ਨਾਅਰੇਬਾਜ਼ੀ ਕੀਤੀ ਅਤੇ ਥਾਂ-ਥਾਂ ਧਰਨੇ ਲਾ ਦਿੱਤੇ ਸਨ